ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 586

ਸਲੋਕੁ ਮਃ ੩ ॥ ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥ {ਪੰਨਾ 586}

ਪਦਅਰਥ: ਸਤਿਗੁਰਿ ਸੇਵਿਐਜੇ ਗੁਰੂ ਦੀ ਦੱਸੀ ਕਾਰ ਕਰੀਏ, ਜੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰੀਏ। ਗੁਰਮੁਖਿਜੋ ਮਨੁੱਖ ਗੁਰੂ ਦੇ ਰਾਹ ਤੇ ਤੁਰਦਾ ਹੈ, ਗੁਰੂ ਦੇ ਸਨਮੁਖ ਮਨੁੱਖ। ਤਿਸੁਉਸ ਪ੍ਰਭੂ ਨੂੰ।

ਅਰਥ: (ਜਗਤ ਦਾ) ਸਾਰਾ ਆਕਾਰ (ਭਾਵ, ਜਗਤ ਵਿਚ ਜੋ ਕੁਝ ਦਿੱਸ ਰਿਹਾ ਹੈ) ਡਰ ਦੇ ਅਧੀਨ ਹੈ, ਇਕ ਉਹ ਪਰਮਾਤਮਾ ਹੀ (ਜਿਸ ਨੇ ਇਹ ਜਗਤ ਬਣਾਇਆ ਹੈ) ਡਰ ਤੋਂ ਰਹਿਤ ਹੈ। ਜੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰੀਏ ਤਾਂ (ਉਹ ਡਰ-ਰਹਿਤ) ਪ੍ਰਭੂ ਮਨ ਵਿਚ ਆ ਵੱਸਦਾ ਹੈ, (ਫਿਰ) ਉਸ ਮਨ ਵਿਚ ਕਦੇ (ਕੋਈ) ਡਰ ਨਹੀਂ ਵਿਆਪਦਾ, ਕੋਈ ਵੈਰੀ ਉਸ ਦੇ ਨੇੜੇ ਨਹੀਂ ਢੁੱਕਦਾ, ਕੋਈ ਦੁਖ ਉਸ ਨੂੰ ਪੋਹ ਨਹੀਂ ਸਕਦਾ।

ਹੇ ਨਾਨਕ! ਗੁਰਮੁਖਾਂ ਦੇ ਮਨ ਵਿਚ ਇਹ ਵਿਚਾਰ ਉੱਠਦੀ ਹੈ ਕਿ ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ; ਅਸਾਡੀ ਲਾਜ ਉਹ ਆਪ ਹੀ ਰੱਖੇਗਾ, (ਅਸਾਡੇ) ਕੰਮ ਉਹ ਆਪ ਹੀ ਸੰਵਾਰਦਾ ਹੈ।੧।

ਮਃ ੩ ॥ ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥ {ਪੰਨਾ 586}

ਅਰਥ: ਕੁਝ ਸੱਜਣ ਜਾਣ ਨੂੰ ਤਿਆਰ ਹਨ, ਕੁਝ ਕੂਚ ਕਰ ਗਏ ਹਨ, ਤੇ ਬਾਕੀ ਦੇ ਭੀ ਚਲੇ ਜਾਣਗੇ (ਭਾਵ, ਜਗਤ ਵਿਚ ਜੋ ਭੀ ਆਇਆ ਹੈ ਉਹ ਇਥੇ ਸਦਾ ਨਹੀਂ ਰਹਿ ਸਕਦਾ); ਪਰ ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਹੋਈ ਕਾਰ ਨਹੀਂ ਕੀਤੀ, ਉਹ (ਜਗਤ ਵਿਚ) ਆ ਕੇ ਇਥੋਂ ਪਛੁਤਾਉਂਦੇ ਚਲੇ ਜਾਂਦੇ ਹਨ। ਹੇ ਨਾਨਕ! ਜੋ ਮਨੁੱਖ ਸੱਚੇ ਨਾਮ ਵਿਚ ਰੰਗੇ ਹੋਏ ਹਨ ਉਹ (ਪਰਮਾਤਮਾ ਤੋਂ) ਨਹੀਂ ਵਿਛੜਦੇ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ (ਪ੍ਰਭੂ ਵਿਚ) ਜੁੜੇ ਰਹਿੰਦੇ ਹਨ।੨।

ਪਉੜੀ ॥ ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥ ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥ {ਪੰਨਾ 586}

ਪਦਅਰਥ: ਭਉਜਲਸੰਸਾਰਸਮੁੰਦਰ। ਬਿਖੁਜ਼ਹਿਰ। ਉਪਦੇਸਿਆਨੇੜੇ ਵਿਖਾਇਆ ਹੈ {ਦਿਸ਼ਹੱਥ ਆਦਿਕ ਦੇ ਇਸ਼ਾਰੇ ਨਾਲ ਵਿਖਾਉਣਾ। ਉਪਨੇੜੇ। ਉਪਦਿਸ਼ਨੇੜੇ ਵਿਖਾ ਦੇਣਾ}

ਅਰਥ: ਉਸ ਪਿਆਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, ਜਿਸ ਦੇ ਹਿਰਦੇ ਵਿਚ ਗੁਣਾਂ ਦਾ ਸੋਮਾ ਪਰਮਾਤਮਾ ਵੱਸ ਰਿਹਾ ਹੈ; ਉਸ ਪ੍ਰੀਤਮ ਸਤਿਗੁਰੂ ਦੀ ਸਰਨ ਪੈਣਾ ਚਾਹੀਦਾ ਹੈ, ਜਿਸ ਨੇ ਆਪਣੇ ਅੰਦਰੋਂ ਅਹੰਕਾਰ ਦੂਰ ਕਰ ਲਿਆ ਹੈ।

"ਹੇ ਸੰਤ ਜਨੋਂ! ਸੰਸਾਰ-ਸਮੁੰਦਰ ਦੀ (ਮਾਇਆ-ਰੂਪ) ਜ਼ਹਿਰ ਤੋਂ ਪਾਰ ਲੰਘਾਉਣ ਵਾਲਾ ਹਰਿ-ਨਾਮ ਜਪੋ"-ਪ੍ਰਭੂ-ਸਿਮਰਨ ਦੀ ਇਹ ਸਿੱਖਿਆ ਦੇ ਕੇ ਜਿਸ ਸਤਿਗੁਰੂ ਨੇ ਸਾਰੀ ਸ੍ਰਿਸ਼ਟੀ ਨੂੰ ਸੋਹਣਾ ਬਣਾ ਦਿੱਤਾ ਹੈ, ਉਹ ਸਤਿਗੁਰੂ ਧੰਨ ਹੈ, ਉਹ ਗੁਰੂ ਧੰਨ ਹੈ। ਆਪਣੇ ਸਤਿਗੁਰੂ ਤੋਂ ਮੈਂ ਸਦਕੇ ਹਾਂ, ਪੂਰੇ ਸਤਿਗੁਰੂ ਨੇ ਮੈਨੂੰ ਪਰਮਾਤਮਾ ਨੇੜੇ ਵਿਖਾ ਦਿੱਤਾ ਹੈ।੨।

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ {ਪੰਨਾ 586}

ਪਦਅਰਥ: ਸਾਰੁਤੱਤ, ਨਿਚੋੜ। ਸੁਖੀ ਹੂੰ ਸੁਖਚੰਗੇ ਤੋਂ ਚੰਗੇ ਸੁਖ ਦਾ। ਐਥੈਜਗਤ ਵਿਚ।

ਅਰਥ: ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ।

(ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ।

ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ।੧।

ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ {ਪੰਨਾ 586}

ਅਰਥ: (ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ (ਕਰਨ ਵਾਲਿਆਂ ਦਾ) ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ (ਕਿਉਂਕਿ) ਉਹ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ, ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਹੈ ਤੇ ਜ਼ਹਿਰ ਹੀ ਉਹਨਾਂ ਦੀ ਪੂੰਜੀ ਹੈ, ਜ਼ਹਿਰ ਹੀ ਉਹਨਾਂ ਦੀ ਖ਼ੁਰਾਕ ਹੈ, ਜ਼ਹਿਰ ਹੀ ਉਹਨਾਂ ਦੀ ਪੁਸ਼ਾਕ ਹੈ ਤੇ ਜ਼ਹਿਰ ਦੀਆਂ ਹੀ ਉਹ ਮਨੁੱਖ ਮੂੰਹ ਵਿਚ ਗਿਰਾਹੀਆਂ ਪਾ ਰਹੇ ਹਨ; ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੁੰਦਾ ਹੈ। ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ, ਕਾਮ, ਕ੍ਰੋਧ ਆਦਿਕ ਵਿਚ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ; ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ; (ਇਸ ਵਾਸਤੇ) ਮਨਮੁਖ ਮਨੁੱਖ ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ, ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)

ਪਰ, ਹੇ ਨਾਨਕ! (ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਜੀਵ ਕਮਾਉਂਦੇ ਹਨ (ਭਾਵ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਕਿਰਤ ਕਮਾਈ ਜਾਂਦੇ ਹਨ) (ਇਸੇ ਤਰ੍ਹਾਂ) ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ।੨।

ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥ {ਪੰਨਾ 586}

ਪਦਅਰਥ: ਦ੍ਰਿੜਾਇਆਪੱਕਾ ਕਰ ਦਿੱਤਾ ਹੈ। ਜਗਦੀਸੁਜਗਤ ਦਾ ਮਾਲਕ {ਜਗਤ+ਈਸ}ਨਿਮਖਅੱਖ ਝਮਕਣ ਜਿਤਨਾ ਸਮਾ। ਨਿਮਖ ਨਿਮਖ—(ਭਾਵ,) ਹਰ ਵੇਲੇ। ਪੰਥੁਰਸਤਾ। ਪਗੀਪੈਰੀਂ। ਭੰਡਾਰਖ਼ਜ਼ਾਨੇ।

ਅਰਥ: (ਹੇ ਭਾਈ!) ਜਿਸ ਸਤਿਗੁਰੂ ਨੇ ਪ੍ਰਭੂ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਾਇਆ ਹੈ, ਉਸ ਸਾਧ-ਗੁਰੂ ਦੀ ਸੇਵਾ ਕਰੋ, ਜਿਸ ਗੁਰੂ ਨੇ ਜਗਤ ਦੇ ਮਾਲਕ ਤੇ ਨਾਥ ਦਾ ਨਾਮ (ਜੀਵਾਂ ਤੋਂ) ਜਪਾਇਆ ਹੈ, ਉਸ ਦੀ ਦਿਨ ਰਾਤ ਪੂਜਾ ਕਰੋ। (ਹੇ ਭਾਈ!) ਜਿਸ ਗੁਰੂ ਨੇ ਪਰਮਾਤਮਾ (ਦੇ ਮਿਲਣ) ਦਾ ਰਾਹ ਦੱਸਿਆ ਹੈ, ਉਸ ਦਾ ਹਰ ਵੇਲੇ ਦਰਸ਼ਨ ਕਰੋ; ਜਿਸ ਸਤਿਗੁਰੂ ਨੇ (ਜੀਵਾਂ ਦੇ ਹਿਰਦੇ ਵਿਚੋਂ ਮਾਇਆ ਦੇ) ਮੋਹ ਦਾ ਹਨੇਰਾ ਦੂਰ ਕੀਤਾ ਹੈ, ਸਾਰੇ ਉਸ ਦੀ ਚਰਨੀਂ ਲੱਗੋ। (ਹੇ ਭਾਈ!) ਜਿਸ ਗੁਰੂ ਨੇ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਲਭਾ ਦਿੱਤੇ ਹਨ, ਆਖੋ-ਉਹ ਗੁਰੂ ਧੰਨ ਹੈ, ਉਹ ਗੁਰੂ ਧੰਨ ਹੈ।੩।

TOP OF PAGE

Sri Guru Granth Darpan, by Professor Sahib Singh