ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 638

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ {ਪੰਨਾ 638}

ਪਦਅਰਥ: ਕਿਨੈਕਿਸੇ ਨੇ ਭੀ। ਮਨਮੁਖਿਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਉਕਿਫ਼ਜ਼ੂਲ ਬੋਲ ਕੇ। ਮੁਏਆਤਮਕ ਮੌਤ ਸਹੇੜ ਬੈਠੇ। ਬਿਲਲਾਈਬਿਲਲਾਇ, ਵਿਲਕ ਕੇ। ਆਵਹਿ ਜਾਵਹਿਜੰਮਦੇ ਹਨ ਮਰਦੇ ਹਨ। ਠਉਰਟਿਕਾਣਾ, ਜਨਮ ਮਰਨ ਤੋਂ ਖਲ੍ਹੀਰ। ਦੁਖਿਦੁੱਖ ਵਿਚ। ਗੁਰਮੁਖਿਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਅੰਮ੍ਰਿਤੁਆਤਮਕ ਜੀਵਨ ਦੇਣ ਵਾਲਾ ਨਾਮਜਲ। ਸਹਜੇਆਤਮਕ ਅਡੋਲਤਾ ਵਿਚ। ਸਾਚਿਸਦਾ-ਥਿਰ ਪ੍ਰਭੂ ਵਿਚ। ਸਮਾਈਲੀਨਤਾ।੬।

ਜਨਮੁਜਨਮਾਂ ਦਾ ਗੇੜ। ਅਧਿਕਾਈਬਹੁਤ। ਪੜਹਿਪੜ੍ਹਦੇ ਹਨ {ਬਹੁ-ਵਚਨ}ਤੈਅਤੇ। ਵਾਦਚਰਚਾ, ਬਹਿਸਾਂ। ਪਤਿਇੱਜ਼ਤ। ਸਚਾਸਦਾ-ਥਿਰ (ਪ੍ਰਭੂ ਦਾ ਉਪਦੇਸ਼ ਕਰਨ ਵਾਲਾ)ਸਾਚੀਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਭਜਿਭੱਜ ਕੇ, ਦੌੜ ਕੇ। ਛੂਟਹਿ—(ਆਤਮਕ ਮੌਤ ਤੋਂ) ਬਚਦੇ ਹਨ।੭।

ਮਨਿਮਨ ਵਿਚ। ਦਰਿਪ੍ਰਭੂ ਦੇ ਦਰ ਤੇ। ਸਾਚੇਸੁਰਖ਼ਰੂ। ਦਰਿ ਸਾਚੈਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰਾਸੁਰਖ਼ਰੂ, ਇੱਜ਼ਤ ਵਾਲੇ। ਜੁਗਿ ਜੁਗਿਹਰੇਕ ਜੁਗ ਵਿਚ। ਤਿਨ ਕੈਉਹਨਾਂ ਤੋਂ। ਸਦਸਦਾ। ਉਰਿਹਿਰਦੇ ਵਿਚ।

ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! (ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ {ਪੰਨਾ 638}

ਨੋਟ: ਵੇਖੋ ਗੁਰੂ ਨਾਨਕ ਦੇਵ ਜੀ ਦੀ ਅਸ਼ਟਪਦੀ ਨੰ: ੪ ਉਹ ਭੀ ਦੁਤੁਕੀ ਹੈ। ਉਸ ਵਿਚ ਭੀ ਲਫ਼ਜ਼ 'ਭਾਈ' ਦੀ ਵਰਤੋਂ ਉਵੇਂ ਹੀ ਹੈ ਜਿਵੇਂ ਇਸ ਵਿਚ। ਉਸ ਵਿਚ ਭੀ "ਨਿਗੁਣਿਆਂ" ਦਾ ਹੀ ਜ਼ਿਕਰ ਸ਼ੁਰੂ ਹੁੰਦਾ ਹੈ। ਗੁਰੂ ਅਮਰਦਾਸ ਜੀ ਦੇ ਪਾਸ ਗੁਰੂ ਨਾਨਕ ਦੇਵ ਜੀ ਦੀ ਸਾਰੀ ਬਾਣੀ ਮੌਜੂਦ ਸੀ।

ਪਦਅਰਥ: ਨਿਗੁਣਿਆ ਨੋਗੁਣ-ਹੀਨ ਮਨੁੱਖਾਂ ਨੂੰ। ਆਪੇਆਪ ਹੀ। ਭਾਈਹੇ ਭਾਈ! ਲਾਇਲਾ ਕੇ। ਨਾਮਿਨਾਮ ਵਿਚ।੧।

ਬਖਸਿਮੇਹਰ ਕਰ ਕੇ। ਮਿਲਾਇਮਿਲਾ ਲੈਂਦਾ ਹੈ। ਅਪਰਾਧੀਪਾਪੀ। ਸਤਿਗੁਰਿਗੁਰੂ ਨੇ।ਰਹਾਉ।

ਬਖਸਿਅਨੁਉਸ ਨੇ ਬਖ਼ਸ਼ੇ ਹਨ। ਕਉਣ ਕਉਣਕੇਹੜੇ ਕੇਹੜੇ? ਬੇਅੰਤ। ਸਾਚੈ ਸਬਦਿਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ। ਵੀਚਾਰਿਵਿਚਾਰ ਵਿਚ (ਜੋੜ ਕੇ)ਉਤਾਰਿਅਨੁਉਸ ਨੇ ਪਾਰ ਲੰਘਾ ਦਿੱਤੇ ਹਨ। ਬੇੜੈਬੇੜੇ ਵਿਚ। ਚਾੜਿਚਾੜ੍ਹ ਕੇ।੨।

ਮਨੂਰੈ ਤੇਸੜੇ ਹੋਏ ਲੋਹੇ ਤੋਂ। ਕੰਚਨਸੋਨਾ। ਮੇਲਿਮੇਲ ਕੇ। ਆਪੁਆਪਾਭਾਵ। ਮਨਿਮਨ ਵਿਚ।੩।

ਹਉਮੈਂ। ਵਾਰੀਕੁਰਬਾਨ। ਵਾਰਣੈਸਦਕੇ। ਕਉਨੂੰ, ਤੋਂ। ਸਦਸਦਾ। ਬਲਿਹਾਰੈਕੁਰਬਾਨ। ਜਾਉਜਾਉਂ, ਮੈਂ ਜਾਂਦਾ ਹਾਂ,ਨਿਧਾਨੁਖ਼ਜ਼ਾਨਾ। ਜਿਨੀਜਿਸ (ਗੁਰੂ) ਨੇ। ਸਹਜਿਆਤਮਕ ਅਡੋਲਤਾ ਵਿਚ। ਸਮਾਉਸਮਾਉਂ, ਮੈਂ ਲੀਨ ਰਹਿੰਦਾ ਹਾਂ।੪।

ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ।

ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧।

ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩।

ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪।

ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥ {ਪੰਨਾ 638}

ਪਦਅਰਥ: ਸਹਜੁਆਤਮਕ ਅਡੋਲਤਾ। ਗਿਆਨੀਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ। ਆਪੁਆਪਾਭਾਵ। ਗਵਾਹਿਦੂਰ ਕਰ ਕੇ।੫।

ਭਉਡਰ, ਅਦਬ। ਕਰਣੀ—{करणीय} ਕਰਨਯੋਗ ਕੰਮ। ਸਚੁਸਦਾ-ਥਿਰ ਰਹਿਣ ਵਾਲਾ। ਸਾਰੁਸ੍ਰੇਸ਼ਟ। ਆਧਾਰੁਆਸਰਾ।੬।

ਤਿਨ ਕੈ ਪਾਇਉਹਨਾਂ ਦੀ ਪੈਰੀਂ। ਲਾਗਉਲਾਗਉਂ, ਮੈਂ ਲੱਗਦਾ ਹਾਂ। ਸਵਾਰੀਸਵਾਰੀਂ, ਮੈਂ ਸਵਾਰਦਾ ਹਾਂ। ਲਈਲਈਂ, ਲੈਂਦਾ ਹਾਂ।੭।

ਤੇਤੋਂ, ਨਾਲ। ਮਨਿਮਨ ਵਿਚ। ਬਿਘਨੁਰੁਕਾਵਟ।੮।

ਅਰਥ: ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ।੫।

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! (ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬।

ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭।

ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! (ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।

TOP OF PAGE

Sri Guru Granth Darpan, by Professor Sahib Singh