ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 643

ਸਲੋਕੁ ਮਃ ੩ ॥ ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥ {ਪੰਨਾ 643}

ਪਦਅਰਥ: ਪੰਨੈ ਪਾਇਲੇਖੇ ਵਿਚ ਲਿਖ ਕੇ, ਆਪਣੇ ਬਣਾ ਕੇ। ਆਏਗੁਰੂ ਦੇ ਦਰ ਤੇ ਆਏ।

ਅਰਥ: (ਸੰਸਾਰੀ ਜੀਵ) ਹਉਮੈ ਵਿਚ ਸੜਦੇ ਹੋਏ ਸੜ ਮੁਏ ਸਨ ਤੇ ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜਦੋਂ ਗੁਰੂ ਦੇ ਦਰ ਤੇ ਆਏ ਤਾਂ ਪੂਰੇ ਸਤਿਗੁਰੂ ਨੇ ਆਪਣੇ ਲੜ ਲਾ ਕੇ ਬਚਾ ਲਏ ਹਨ।

ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥ {ਪੰਨਾ 643}

ਅਰਥ: ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਭਾਵਿਕ ਹੀ ਇਹ ਸੰਸਾਰ ਸੜਦਾ ਦਿੱਸਿਆ, ਤਾਂ ਹੇ ਨਾਨਕ! ਉਹ ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਤੇ ਨਾਮ-ਸਿਮਰਨ ਦੀ ਕਮਾਈ ਕਰ ਕੇ ਠੰਢੇ-ਠਾਰ ਹੋ ਗਏ।੧।

ਮਃ ੩ ॥ ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ {ਪੰਨਾ 643}

ਪਦਅਰਥ: ਜੀਵਦਿਆ ਮੁਇਆਜਨਮ ਤੋਂ ਮਰਨ ਤਕ, ਸਾਰੀ ਉਮਰ।

ਅਰਥ: ਉਹਨਾਂ ਮਨੁੱਖਾਂ ਦਾ ਸੇਵਿਆ ਹੋਇਆ ਸਤਿਗੁਰੂ ਸਫਲ ਹੈ (ਭਾਵ, ਸਤਿਗੁਰੂ ਦੀ ਸੇਵਾ ਉਹਨਾਂ ਲਈ ਸਫਲ ਹੈ) ਤੇ ਉਹਨਾਂ ਦਾ ਜਨਮ ਭੀ ਸ਼ਲਾਘਾ-ਜੋਗ ਤੇ ਕਬੂਲ ਹੋਣ ਦੇ ਜੋਗ ਹੁੰਦਾ ਹੈ, ਉਹੀ ਮਨੁੱਖ ਸਿਆਣੇ (ਗਿਣੇ ਜਾਂਦੇ ਹਨ) ਜਿਨ੍ਹਾਂ ਨੂੰ ਸਾਰੀ ਉਮਰ ਕਦੇ ਭੀ ਆਪਣਾ ਸਤਿਗੁਰੂ ਨਹੀਂ ਭੁੱਲਦਾ। (ਜੋ ਮਨੁੱਖ ਇਹੋ ਜਿਹੀ ਕਾਰ ਕਰਦਾ ਹੈ) ਉਹ ਆਪ ਕਬੂਲ ਹੋ ਜਾਂਦਾ ਹੈ ਤੇ ਆਪਣੀ ਕੁਲ ਨੂੰ ਭੀ ਤਾਰ ਲੈਂਦਾ ਹੈ।

ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥ ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥੨॥ {ਪੰਨਾ 643}

ਅਰਥ: ਸਤਿਗੁਰੂ ਦੇ ਸਨਮੁਖ ਮਨੁੱਖ ਕਬੂਲ ਹਨ, ਪਰ, ਮਨ ਦੇ ਅਧੀਨ ਮਨੁੱਖ ਜੰਮਦੇ ਮਰਦੇ ਰਹਿੰਦੇ ਹਨ; ਹੇ ਨਾਨਕ! ਜੋ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਮੁਏ ਹੋਏ ਨਹੀਂ ਆਖੀਦਾ।੨।

ਪਉੜੀ ॥ ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥ ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥ {ਪੰਨਾ 643}

ਪਦਅਰਥ: ਨਿਰੰਜਨੁਅੰਜਨਰਹਿਤ, ਮਾਇਆ ਤੋਂ ਰਹਿਤ।

ਅਰਥ: ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ।

ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥ ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥ {ਪੰਨਾ 643}

ਪਦਅਰਥ: ਮੈਮੈਨੂੰ। ਗੁਰਿਗੁਰੂ ਨੇ।

ਅਰਥ: ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ; ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ; (ਮੇਹਰ ਕਰ ਕਿ) ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ।੨।

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ {ਪੰਨਾ 643}

ਪਦਅਰਥ: ਪਾਈਅਨੁਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁਗੁਣਾਂ ਦਾ ਖ਼ਜ਼ਾਨਾ ਪ੍ਰਭੂ।

ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ {ਪੰਨਾ 643}

ਅਰਥ: (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ {ਪੰਨਾ 643}

ਅਰਥ: ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।

ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ {ਪੰਨਾ 643}

ਅਰਥ: ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।

ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ {ਪੰਨਾ 643}

ਪਦਅਰਥ: ਸੈਣ ਸਜਣਭਲੇ ਮਨੁੱਖ। ਅਨਦਿਨੁਹਰ ਰੋਜ਼।

ਅਰਥ: ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।

ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ {ਪੰਨਾ 643}

ਪਦਅਰਥ: ਵੇਕਾਰਮੰਦੇ ਕੰਮ।

ਅਰਥ: ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।

ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ {ਪੰਨਾ 643}

ਪਦਅਰਥ: ਸੁਆਰਥੀਖ਼ੁਦਗ਼ਰਜ਼।

ਅਰਥ: ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।

ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

ਅਰਥ: ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।

ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ {ਪੰਨਾ 643}

ਅਰਥ: (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ {ਪੰਨਾ 643}

ਅਰਥ: (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।

ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643}

ਪਦਅਰਥ: ਜਿਨਿਜਿਸ (ਮਾਇਆ ਦੀ ਅਪਣੱਤ) ਨੇ।

{ਨੋਟ: 'ਮਾਇਆ' ਤੇ 'ਮਮਤਾ' ਦੋ ਵੱਖੋ ਵੱਖ ਚੀਜ਼ਾਂ ਨਹੀਂ ਲੈਣੀਆਂ; ਲਫ਼ਜ਼ 'ਜਿਨਿ' (=ਜਿਸ ਨੇ) 'ਇਕ-ਵਚਨ' ਹੈ।

ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ), ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ {ਪੰਨਾ 643}

ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

TOP OF PAGE

Sri Guru Granth Darpan, by Professor Sahib Singh