ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 754

ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ {ਪੰਨਾ 754}

ਪਦਅਰਥ: ਸਤਿ ਕਰਿ ਜਾਣੈਸੱਚ ਕਰ ਕੇ ਜਾਣਦਾ ਹੈ, ਇਹ ਜਾਣ ਲੈਂਦਾ ਹੈ ਕਿ ਇਹੀ ਸੱਚਾ ਸਾਥੀ ਹੈ। ਕੈ ਭਾਇਦੇ ਪ੍ਰੇਮ ਵਿਚ। ਗੁਰ ਤੇਗੁਰੂ ਪਾਸੋਂ। ਸਚੈ ਨਾਇਸਦਾ-ਥਿਰ ਹਰਿਨਾਮ ਵਿਚ। ਪਿਆਰੇਪਿਆਰ ਬਣਾਂਦਾ ਹੈ। ਸਚਾਸਦਾ ਕਾਇਮ ਰਹਿਣ ਵਾਲਾ ਪ੍ਰਭੂ। ਆਪੇ—(ਪ੍ਰਭੂ) ਆਪ ਹੀ। ਸਚੀਸਦਾ-ਥਿਰ ਰਹਿਣ ਵਾਲੀ।੭।

ਸਭੋਹਰ ਥਾਂ। ਗੁਰਮੁਖਿਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਹੁਕਮੋਹੁਕਮ ਹੀ। ਆਪੁ ਪਛਾਣੈਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੈ। ਸਤਿਗੁਰ ਭਾਏਗੁਰੂ ਨੂੰ ਪਿਆਰਾ ਲੱਗਦਾ ਹੈ। ਸਭੁ ਕਿਛੁ ਹੋਵੈਆਤਮਕ ਜੀਵਨ ਦਾ ਸਾਰਾ ਸਰਮਾਇਆ ਬਣਿਆ ਰਹਿੰਦਾ ਹੈ। ਆਪੁਆਪਾਭਾਵ।੮।

ਅਰਥ: ਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ। ਉਹ ਮਨੁੱਖ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ। ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ। (ਅਜੇਹੇ ਮਨੁੱਖ ਨੂੰ) ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖ਼ਸ਼ਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ।੭।

ਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ। ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ। ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ। ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ। ਹੇ ਨਾਨਕ! (ਆਖ-) ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦਾ ਆਤਮਕ ਜੀਵਨ ਦਾ ਸਾਰਾ ਸਰਮਾਇਆ ਬਚਿਆ ਰਹਿੰਦਾ ਹੈ।੮।੧।

ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥ {ਪੰਨਾ 754}

ਪਦਅਰਥ: ਕਾਇਆਸਰੀਰ। ਕਾਮਣਿਇਸਤ੍ਰੀ। ਅਤਿਬਹੁਤ। ਸੁਆਲਿਓਸੋਹਣੀ। ਪਿਰੁਪ੍ਰਭੂਪਤੀ। ਤੇਤੋਂ, ਮਿਲਾਪ ਤੋਂ, ਮਿਲਾਪ ਦੇ ਕਾਰਨ। ਸੁਹਾਗਣਿਸੁਹਾਗਭਾਗ ਵਾਲੀ। ਸਮ੍ਹ੍ਹਾਲੇਸੰਭਾਲਦੀ ਹੈ, ਹਿਰਦੇ ਵਿਚ ਵਸਾਂਦੀ ਹੈ। ਰੰਗਿਰੰਗ ਵਿਚ। ਰਾਤਾਰੰਗਿਆ ਹੋਇਆ। ਜਾਲੇਸਾੜ ਲੈਂਦਾ ਹੈ।੧।

ਵਾਹੁ ਵਾਹੁਧੰਨ, ਧੰਨ। ਤੇਤੋਂ, ਹਿਰਦੇ ਵਿਚੋਂ। ਸਾਚਿਸਦਾ-ਥਿਰ ਪ੍ਰਭੂ ਵਿਚ। ਸਮਾਣੀਲੀਨ ਕਰ ਦੇਂਦੀ ਹੈ।੧।ਰਹਾਉ।

ਸਭੁ ਕਿਛੁਹਰੇਕ ਸੁਖ! ਖੰਡਦੇਸ। ਪ੍ਰਤਿਪਾਲਾਪਾਲਣਾ। ਸੁਹੇਲੀਸੌਖੀ। ਗੁਰਮੁਖਿਗੁਰੂ ਦੀ ਸਰਨ ਪੈ ਕੇ।੨।

ਅਰਥ: ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧।ਰਹਾਉ।

ਹੇ ਭਾਈ! (ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! (ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧।

ਹੇ ਭਾਈ! ਖੰਡਾਂ ਮੰਡਲਾਂ ਪਾਤਾਲਾਂ (ਸਾਰੇ ਜਗਤ) ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ, ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਦੀ ਕਾਂਇਆਂ-ਇਸਤ੍ਰੀ ਸਦਾ ਸੁਖੀ ਰਹਿੰਦੀ ਹੈ।੨।

ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ {ਪੰਨਾ 754}

ਪਦਅਰਥ: ਆਪੇ—(ਪ੍ਰਭੂ) ਆਪ ਹੀ। ਅਲਖੁਅਦ੍ਰਿਸ਼ਟ। ਮਨਮੁਖੁਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਮੁਗਧੁਮੂਰਖ। ਸਤਿਗੁਰਿਗੁਰੂ ਨੇ। ਦਿਤਾ ਲਖਾਈਲਖਾਇ ਦਿੱਤਾ, ਸਮਝਾ ਦਿੱਤਾ।੩।

ਭੰਡਾਰਾਖ਼ਜ਼ਾਨੇ। ਨਉ ਖੰਡ ਪ੍ਰਿਥਮੀਨੌ ਖੰਡਾਂ ਵਾਲੀ ਧਰਤੀ, ਸਾਰੀ ਧਰਤੀ (ਦੇ)ਹਾਟਹੱਟ। ਪਟਣਸ਼ਹਰ। ਨਉਨਿਧਿਨੌ ਖ਼ਜ਼ਾਨੇ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ। ਕੈ ਸਬਦਿਦੇ ਸ਼ਬਦ ਵਿਚ।੪।

ਅਰਥ: ਹੇ ਭਾਈ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ (ਸਧਾਰਨ ਤੌਰ ਤੇ) ਵੇਖਿਆ ਨਹੀਂ ਜਾ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਇਹ ਭੇਤ) ਨਹੀਂ ਸਮਝਦਾ, (ਉਸ ਪ੍ਰਭੂ ਨੂੰ) ਬਾਹਰ (ਜੰਗਲ ਆਦਿਕ ਵਿਚ) ਲੱਭਣ ਤੁਰ ਪੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ (ਕਿਉਂਕਿ ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਆ ਪਿਆ) ਗੁਰੂ ਨੇ (ਉਸ ਨੂੰ) ਅਦ੍ਰਿਸ਼ਟ ਪਰਮਾਤਮਾ (ਉਸ ਦੇ ਅੰਦਰ ਵੱਸਦਾ) ਵਿਖਾ ਦਿੱਤਾ।੩।

ਹੇ ਭਾਈ! ਪਰਮਾਤਮਾ ਦੀ ਭਗਤੀ (ਮਾਨੋ) ਰਤਨ ਪਦਾਰਥ ਹੈ (ਇਹਨਾਂ ਰਤਨਾਂ ਪਦਾਰਥਾਂ ਦੇ) ਖ਼ਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ। ਇਸ ਸਰੀਰ ਦੇ ਅੰਦਰ ਹੀ (ਮਾਨੋ) ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਰ (ਵੱਸ ਰਹੇ ਹਨ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ (ਮਾਨੋ ਧਰਤੀ ਦੇ) ਨੌ ਹੀ ਖ਼ਜ਼ਾਨੇ ਹੈ।੪।

ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ {ਪੰਨਾ 754}

ਪਦਅਰਥ: ਆਪੇਪ੍ਰਭੂ ਆਪ ਹੀ। ਤੋਲਣਹਾਰਨਾਮਰਤਨ ਦੀ ਪਰਖ ਕਰਨ ਵਾਲਾ। ਤੋਲਿਨਾਮਰਤਨ ਨੂੰ ਪਰਖ ਕੇ। ਤੁਲਾਵੈਪਰਖਣ ਦੀ ਜਾਚ ਸਿਖਾਂਦਾ ਹੈ। ਅਫਾਰਾਬਹੁਤ। ਤਿਸ ਕਾ—{ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}ਮੋਲਿਮੁੱਲ ਨਾਲ। ਕਿਤ ਹੀਕਿਤੁ ਹੀ {ਲਫ਼ਜ਼ 'ਕਿਤੁ' ਦਾ ੁ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ}ਕਿਤ ਹੀ ਮੋਲਿਕਿਸੇ ਭੀ ਮੁੱਲ ਨਾਲ।੫।

ਗੁਰਮੁਖਿਗੁਰੂ ਦੇ ਸਨਮੁਖ। ਭਰਮਿਭਟਕਣਾ ਵਿਚ (ਪੈ ਕੇ)ਭੁਲਾਈਕੁਰਾਹੇ ਪਈ ਹੈ। ਜਿਸ ਨੋ—{ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}ਦੇਇਦੇਂਦਾ ਹੈ। ਕੋਕੋਈ ਮਨੁੱਖ। ਕਿਆ ਚਤੁਰਾਈਕੇਹੜੀ ਸਿਆਣਪ? ਭਉਡਰਅਦਬ। ਭਾਉਪਿਆਰੇ। ਪਰਸਾਦੀਕਿਰਪਾ ਨਾਲ।੬।

ਅਰਥ: ਹੇ ਭਾਈ! ਇਸ ਮਨੁੱਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ, ਉਹ ਆਪ ਪਰਖ ਕਰ ਕੇ ਨਾਮ-ਰਤਨ ਦੀ ਪਰਖ ਦੀ ਜਾਚ ਸਿਖਾਂਦਾ ਹੈ, (ਜਿਸ ਮਨੁੱਖ ਨੂੰ ਜਾਚ ਦੇਂਦਾ ਹੈ, ਉਸ ਦਾ) ਇਹ ਮਨ (ਮਾਨੋ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ ਬਣ ਜਾਂਦਾ ਹੈ। ਇਤਨਾ ਕੀਮਤੀ ਬਣ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪੈ ਸਕਦਾ। (ਉਸ ਮਨੁੱਖ ਨੂੰ ਸਮਝ ਪੈ ਜਾਂਦੀ ਹੈ ਕਿ ਪਰਮਾਤਮਾ ਦਾ) ਨਾਮ ਕਿਸੇ (ਦੁਨੀਆਵੀ) ਕੀਮਤ ਨਾਲ ਨਹੀਂ ਮਿਲ ਸਕਦਾ। ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਮਿਲਦਾ ਹੈ।੫।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ) ਆਪਣੇ ਸਰੀਰ ਨੂੰ ਹੀ ਖੋਜਦਾ ਹੈ। ਬਾਕੀ ਦੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ। ਪਰਮਾਤਮਾ ਆਪ ਜਿਸ ਮਨੁੱਖ ਨੂੰ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ। ਕੋਈ ਭੀ ਮਨੁੱਖ (ਗੁਰੂ ਦੀ ਸਰਨ ਤੋਂ ਬਿਨਾ) ਹੋਰ ਕੋਈ ਸਿਆਣਪ ਨਹੀਂ ਕਰ ਸਕਦਾ (ਜਿਸ ਨਾਲ ਨਾਮ ਪ੍ਰਾਪਤ ਕਰ ਸਕੇ। ਗੁਰੂ ਦੀ ਕਿਰਪਾ ਨਾਲ ਹੀ ਨਾਮ ਪ੍ਰਾਪਤ ਹੁੰਦਾ ਹੈ। ਜਿਸ ਨੂੰ ਪ੍ਰਾਪਤ ਹੁੰਦਾ ਹੈ ਉਸ ਦੇ ਸਰੀਰ ਵਿਚ ਪਰਮਾਤਮਾ ਦਾ ਡਰ-ਅਦਬ ਅਤੇ ਪਿਆਰ ਆ ਵੱਸਦਾ ਹੈ।੬।

ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥ {ਪੰਨਾ 754}

ਪਦਅਰਥ: ਸਭ ਓਪਤਿਸਾਰੀ ਉਤਪੱਤੀ। ਜਿਤੁਜਿਸ (ਪਰਮਾਤਮਾ) ਤੋਂ। ਸਚੈਸਦਾ-ਥਿਰ ਪ੍ਰਭੂ ਨੇ। ਆਵਾਗਉਣੁਜੰਮਣ ਮਰਨ। ਪਾਸਾਰਾਖਿਲਾਰਾ। ਸਤਿਗੁਰਿਸਤਿਗੁਰੂ ਨੇ। ਸਚਿ ਨਾਮਿਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਨਾਮ ਵਿਚ।੭।

ਸਾਉਹ {ਇਸਤ੍ਰੀ-ਲਿੰਗ}ਦਰਿ—(ਪ੍ਰਭੂ ਦੇ) ਦਰ ਤੇ। ਢੋਈਆਸਰਾ। ਜਿਸ ਨੋ—{ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}ਸਚੁਸਦਾ-ਥਿਰ ਹਰਿਨਾਮ।੮।

ਅਰਥ: ਹੇ ਭਾਈ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਬਿਸ਼ਨ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪਤੀ ਹੋਈ ਹੈ। ਸਦਾ-ਥਿਰ ਪ੍ਰਭੂ ਨੇ (ਇਹ ਜਗਤ) ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਇਹ ਅਸਲੀਅਤ) ਵਿਖਾ ਦਿੱਤੀ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਮਨੁੱਖ ਦਾ ਪਾਰ-ਉਤਾਰਾ ਹੋ ਗਿਆ।੭।

ਹੇ ਭਾਈ! ਉਹੀ ਸਰੀਰ ਸਫਲ ਹੈ ਜੇਹੜਾ ਗੁਰੂ ਦੀ ਸਰਨ ਪੈਂਦਾ ਹੈ। ਉਸ ਸਰੀਰ ਨੂੰ ਸਦਾ-ਥਿਰ ਰਹਿਣ ਵਾਲੇ ਕਰਤਾਰ ਨੇ ਆਪ ਸੋਹਣਾ ਬਣਾ ਦਿੱਤਾ। ਪਰਮਾਤਮਾ ਦੇ ਨਾਮ ਤੋਂ ਬਿਨਾ ਪਰਮਾਤਮਾ ਦੇ ਦਰ ਤੇ ਖਲੋਣਾ ਨਹੀਂ ਮਿਲਦਾ। ਤਦੋਂ (ਅਜੇਹੇ ਮਨੁੱਖ ਨੂੰ) ਜਮਰਾਜ ਖ਼ੁਆਰ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ, ਉਸ ਨੂੰ ਆਪਣਾ ਸਦਾ-ਥਿਰ ਨਾਮ ਬਖ਼ਸ਼ਦਾ ਹੈ (ਇਹੀ ਉਸ ਵਾਸਤੇ ਸਭ ਤੋਂ ਵੱਡੀ) ਇੱਜ਼ਤ ਹੈ।੮।੨।

TOP OF PAGE

Sri Guru Granth Darpan, by Professor Sahib Singh