ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 765

ਰਾਗੁ ਸੂਹੀ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥ {ਪੰਨਾ 764-765}

ਪਦਅਰਥ: ਆਵਹੁਆਓ। ਸਜਣਾਹੇ ਸੱਜਣਪ੍ਰਭੂ! ਹਉਮੈਂ। ਦੇਖਾਦੇਖਾਂ, ਮੈਂ ਵੇਖਾਂ। ਘਰਿਹਿਰਦੇਘਰ ਵਿਚ, ਅੰਤਰਆਤਮੇ। ਖੜੀ ਤਕਾਖਲੋਤੀ ਉਡੀਕ ਰਹੀ ਹਾਂ। ਮੈ ਮਨਿਮੇਰੇ ਮਨ ਵਿਚ। ਘਨੇਰਾਬਹੁਤ। ਪ੍ਰਭ ਮੇਰਾਹੇ ਮੇਰੇ ਪ੍ਰਭੂ! ਮੈਮੈਨੂੰ। ਨਿਹਕੇਵਲਪਵਿਤ੍ਰ, ਨਿਰਲੇਪ। ਜਾਤਾਪਛਾਣਿਆ। ਤੂ ਸੋਈਤੈਨੂੰ ਹੀ। ਭਾਇਪ੍ਰੇਮ ਦੀ ਰਾਹੀਂ। ਭਾਉਪ੍ਰੇਮ। ਸਾਚਿਸਦਾ-ਥਿਰ ਨਾਮ ਵਿਚ ਜੁੜਿਆਂ। ਘਰਿਹਿਰਦੇ ਵਿਚ। ਆਏਆਇ, ਆ ਕੇ।੧।

ਘਰਿਘਰ ਵਿਚ, ਹਿਰਦੇ ਵਿਚ। ਆਇਅੜੇ ਸਾਜਨਾਪਿਆਰੇ ਸੱਜਣ ਜੀ ਆਏ, ਪਿਆਰੇ ਸੱਜਣਪ੍ਰਭੂ ਜੀ ਪ੍ਰਗਟ ਹੋਏ। ਤਾਤਦੋਂ। ਧਨਜੀਵਇਸਤ੍ਰੀ। ਖਰੀਬਹੁਤ। ਸਰਸੀਰਸੀ, ਖ਼ੁਸ਼, ਪ੍ਰਸੰਨ। ਹਰਿ ਮੋਹਿਅੜੀ ਸਾਚ ਸਬਦਿਸਾਚ ਹਰਿ ਸਬਦਿ ਮੋਹਿਅੜੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨੇ ਖਿੱਚ ਪਾਈ। ਰਹੰਸੀਇਕਾਗਰਚਿਤ, ਅਡੋਲਚਿਤ। ਸੰਗਿਨਾਲ। ਜਾਜਦੋਂ। ਰਾਵੀਮਾਣਿਆ, ਆਪਣੇ ਨਾਲ ਜੋੜ ਲਿਆ। ਰੰਗਿ ਰਾਤੈਪ੍ਰੇਮ ਵਿਚ ਰੱਤੇ ਪ੍ਰਭੂ ਨੇ। ਮਾਰਿਮਾਰ ਕੇ। ਗੁਣੀਗੁਣਾਂ ਨਾਲ। ਘਰੁਹਿਰਦਾ। ਛਾਇਆਢੱਕ ਦਿੱਤਾ, ਭਰਪੂਰ ਕਰ ਦਿੱਤਾ। ਪੁਰਖਿਪੁਰਖ ਨੇ। ਬਿਧਾਤੈਵਿਧਾਤੇ ਨੇ, ਸਿਰਜਣਹਾਰ ਨੇ। ਤਸਕਰਕਾਮਾਦਿਕ ਚੋਰ। ਪੰਚਾਇਣਿਪੰਚਾਇਣ ਵਿਚ। ਪੰਚਾਇਣੁ—{ਪੰਚਅਯਨ। ਪੰਚਸਾਧ ਸੰਗਤਿ। ਅਯਨਘਰ} ਸਾਧ ਸੰਗਤਿ ਜਿਸ ਦਾ ਘਰ ਹੈ, ਜੋ ਸਾਧ ਸੰਗਤਿ ਵਿਚ ਵੱਸਦਾ ਹੈ, ਪਰਮਾਤਮਾ। ਵੀਚਾਰੇਵੀਚਾਰਿ, ਪੂਰੀ ਵਿਚਾਰ ਨਾਲ। ਅਦਲੁਨਿਆਂ। ਨਿਸਤਾਰਾਪਾਰਉਤਾਰਾ। ਮਿਲਹਿ ਪਿਆਰੇਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ।੨।

ਵਰੁਖਸਮਪ੍ਰਭੂ। ਪਾਇਅੜਾਲੱਭ ਲਿਆ। ਬਾਲੜੀਏਜਿਸ ਜੀਵਇਸਤ੍ਰੀ ਨੇ। ਮਨਸਾਇੱਛਾ {मनीषा}ਪਿਰਿਪਿਰ ਨੇ, ਖਸਮ ਨੇ। ਰਾਵਿਅੜੀਆਪਣੇ ਚਰਨਾਂ ਵਿਚ ਜੋੜ ਲਈ। ਸਬਦਿਗੁਰੂ ਦੇ ਸ਼ਬਦ ਦੀ ਰਾਹੀਂ। ਰਵਿ ਰਹਿਆਸਭ ਥਾਈਂ ਵਿਆਪਕ (ਦਿੱਸਦਾ ਹੈ)ਘਟਿ ਘਟਿਹਰੇਕ ਘਟ ਵਿਚ। ਸਬਾਈ ਨਾਰਿਸਾਰੀਆਂ ਜੀਵਇਸਤ੍ਰੀਆਂ।

ਰਸੀਆਆਨੰਦ ਦਾ ਮਾਲਕ, ਆਨੰਦ ਦਾ ਸੋਮਾ। ਵਡਿਆਈਰਜ਼ਾ। ਗੁਰਿਗੁਰੂ ਦੀ ਰਾਹੀਂ। ਸਚੁਸਦਾ-ਥਿਰ ਰਹਿਣ ਵਾਲਾ। ਜੋਗ ਸਜੋਗੀਮਿਲਾਪ ਦਾ ਢੋ ਢੁਕਾਣ ਵਾਲਾ, ਜੋਗ ਦਾ ਸੰਜੋਗ ਬਣਾਣ ਵਾਲਾ।੩।

ਪਿਰੁਖਸਮਪ੍ਰਭੂ। ਉਚੜੀਸੋਹਣੀ ਉੱਚੀ। ਉਚੜੀਐਸੋਹਣੀ ਉੱਚੀ ਵਿਚ। ਮਾੜੀਮਹਲ। ਮਾੜੜੀਸੋਹਣਾ ਮਹਲ। ਮਾੜੜੀਐਸੋਹਣੇ ਮਹਲ ਵਿਚ। ਤਿਹੁ ਲੋਆਤਿੰਨਾਂ ਲੋਕਾਂ ਦਾ। ਸਿਰਤਾਜਾਸਿਰ ਦਾ ਤਾਜ, ਖਸਮ। ਹਉਮੈਂ। ਬਿਖਮਹੈਰਾਨ। ਅਨਹਦਇਕ-ਰਸ, ਬਿਨਾ ਵਜਾਏ ਵੱਜਣ ਵਾਲਾ। ਸਬਦਨਾਦ, ਜੀਵਨਰੌ। ਅਗਾਜਾਚੌਹੀਂ ਪਾਸੀਂ ਗੱਜਦਾ। ਵੀਚਾਰੀਵਿਚਾਰਨ ਵਾਲਾ। ਕਰਣੀਆਚਰਨ। ਸਾਰੀਸ੍ਰੇਸ਼ਟ। ਨੀਸਾਣੋਨੀਸਾਣੁ, ਪਰਵਾਨਾ, ਰਾਹਦਾਰੀ। ਠਾਹਰਥਾਂ, ਟਿਕਾਣਾ। ਪਰਵਾਣੋਪਰਵਾਣੁ, ਕਬੂਲ। ਪਤਿਇੱਜ਼ਤ। ਪੂਰੀਜਿਸ ਵਿਚ ਕੋਈ ਉਕਾਈ ਨਾਹ ਹੋਵੇ। ਪਰਵਾਨਾਹੁਕਮ। ਆਪੁਆਪਣੇ ਆਪ ਨੂੰ, ਆਪਣੇ ਜੀਵਨ ਨੂੰ।੪।

ਅਰਥ: ਹੇ ਸੱਜਣ-ਪ੍ਰਭੂ! , ਮੈਂ ਤੇਰਾ ਦਰਸਨ ਕਰ ਸਕਾਂ। (ਹੇ ਸੱਜਣ!) ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ)ਹੇ ਮੇਰੇ ਪ੍ਰਭੂ! (ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ।

(ਹੇ ਪ੍ਰਭੂ!) ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ-ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ। ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ।

ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ।੧।

ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ੍ਰੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ। ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ ਕਰ ਕੇ ਉਹ ਅਡੋਲ-ਚਿੱਤ ਹੋ ਗਈ।

ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ। ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ੍ਰੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ।

ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ।੨।

ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ)ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ। ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਦੀਆਂ ਹੀ ਹਨ। ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ। ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ।

ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤਿ ਜੋੜਦਾ ਹੈ।੩।

ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ਉਹ ਤਿੰਨਾਂ ਲੋਕਾਂ ਦਾ ਨਾਥ ਹੈ। ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ। ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ।

ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ) ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ। (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ।

ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) -ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ।

ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜੋ ਮਨੁੱਖ ਆਪਣੇ ਜੀਵਨ ਨੂੰ ਪੜਤਾਲਦਾ ਹੈ, ਉਹ ਅਬਿਨਾਸੀ ਪ੍ਰਭੂ ਦਾ ਰੂਪ ਹੋ ਜਾਂਦਾ ਹੈ।੪।੧।੩।

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨ੍ਹ੍ਹ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨ੍ਹ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨ੍ਹ੍ਹਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥ {ਪੰਨਾ 765-766}

ਪਦਅਰਥ: ਜਿਨਿਜਿਸ ਨੇ, (ਹੇ ਪ੍ਰਭੂ!) ਜਿਸ ਤੈਂ ਨੇ। ਕੀਆਪੈਦਾ ਕੀਤਾ ਹੈ। ਤਿਨਿਉਸ ਨੇ (ਹੇ ਪ੍ਰਭੂ!) ਉਸ ਤੈਂ ਨੇ ਹੀ। ਦੇਖਿਆਸੰਭਾਲ ਕੀਤੀ ਹੋਈ ਹੈ। ਧੰਧੜੈਮਾਇਆ ਦੀ ਦੌੜਭੱਜ ਵਿਚ। ਦਾਨਿ ਤੇਰੈਤੇਰੀ ਬਖ਼ਸ਼ਸ਼ ਨਾਲ। ਘਟਿਜੀਵ ਦੇ ਹਿਰਦੇ ਵਿਚ। ਤਨਿਸਰੀਰ ਵਿਚ। ਚੰਦੁ ਦੀਪਾਇਆਚੰਦ ਚਮਕ ਰਿਹਾ ਹੈ, ਸੀਤਲਤਾ ਹੁਲਾਰੇ ਦੇ ਰਹੀ ਹੈ। ਦਾਨਿ ਹਰਿ ਕੈਪਰਮਾਤਮਾ ਦੀ ਬਖ਼ਸ਼ਸ਼ ਨਾਲ। ਸੋਹੈਸੋਭਦੀ ਹੈ। ਪਰਖਿਪਰਖ ਕੇ। ਮੋਹਣੀਮਨ ਨੂੰ ਮੋਹ ਲੈਣ ਵਾਲੀ, ਸੁੰਦਰ ਇਸਤ੍ਰੀ, ਉਹ ਜੀਵਇਸਤ੍ਰੀ ਜਿਸ ਨੇ ਆਪਣਾ ਜੀਵਨ ਸੁੰਦਰ ਬਣਾ ਲਿਆ ਹੈ। ਮੋਹਣੀਐਸੁੰਦਰ ਜੀਵਇਸਤ੍ਰੀ ਨੇ। ਸੇਤੀਨਾਲ। ਸੋਭਸੋਭਾ। ਵੀਵਾਹੁਜੀਵਇਸਤ੍ਰੀ ਦਾ ਪ੍ਰਭੂ ਨਾਲ ਮਿਲਾਪ। ਪੰਚ ਸਬਦਪੰਜ ਕਿਸਮਾਂ ਦੇ ਸਾਜਾਂ ਦੇ ਵੱਜਣ ਦੀਆਂ ਆਵਾਜ਼ਾਂ। ਪੰਚ ਸਬਦ ਧੁਨਿਪੰਚ ਕਿਸਮਾਂ ਦੇ ਸਾਜਾਂ ਦੇ ਵੱਜਣ ਤੋਂ ਪੈਦਾ ਹੋਈ ਮਿਲਵੀਂ ਸੁਰ, ਇਕ-ਰਸ ਆਨੰਦ। ਪੰਚ ਸਬਦੀਇਕ-ਰਸ ਆਨੰਦ ਦਾ ਦੇਣ ਵਾਲਾ ਪ੍ਰਭੂ। ਆਇਆਹਿਰਦੇ ਵਿਚ ਪਰਗਟ ਹੋਇਆ।੧।

ਹਉਮੈਂ। ਅਵਰੀਤਾ—{अवृत} ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ। ਜਿਨ ਸਿਉ ਗਾਡਿਆਜਿਨ੍ਹਾਂ ਨਾਲ ਮਿਲਾਇਆ ਹੈ। ਤਨੁਸਰੀਰ। ਮਨੁ ਲੀਅੜਾ ਦੀਤਾਜਿਨ੍ਹਾਂ ਦਾ ਮਨ ਲਿਆ ਹੈ ਤੇ ਜਿਨ੍ਹਾਂ ਨੂੰ ਆਪਣਾ ਮਨ ਦਿੱਤਾ ਹੈ, ਜਿਨ੍ਹਾਂ ਨਾਲ ਦਿਲ ਦੀ ਸਾਂਝ ਪਾਈ ਹੈ। ਮਾਨੁਮਨ। ਵੀਸਰਹਿਭੁੱਲ ਜਾਣ। ਦਿਸਿ ਆਇਆਦੀਦਾਰ ਕੀਤਿਆਂ। ਹੋਹਿ ਰਲੀਆਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ। ਜੀਅ ਸੇਤੀਜਿੰਦ ਨਾਲ। ਗਹਿ ਰਹਹਿਫੜ ਰੱਖਦੇ ਹਨ, ਲਾ ਰੱਖਦੇ ਹਨ। ਸਗਲਸਾਰੇ। ਨੀਤਾ ਨੀਤਾਨਿੱਤ ਹੀ ਨਿੱਤ, ਸਦਾ ਹੀ।੨।

ਵਾਸ—{वासुto make fragrant ਸੁਗੰਧਿਤ ਕਰਨਾ} ਸੁਗੰਧੀ, ਖ਼ੁਸ਼ਬੂ। ਵਾਸੁਲਾਸੁਗੰਧੀ ਦੇਣ ਵਾਲੀਆਂ ਚੀਜ਼ਾਂ ਦਾ ਡੱਬਾ। ਕਢਿਕੱਢ ਕੇ। ਲਈਜੈਲੈਣੀ ਚਾਹੀਦੀ ਹੈ। ਸਾਜਨਾ ਮਿਲਿਗੁਰਮੁਖਾਂ ਨਾਲ ਮਿਲ ਕੇ। ਸਾਝਗੁਣਾਂ ਦੀ ਸਾਂਝ। ਕਰੀਜੈਕਰਨੀ ਚਾਹੀਦੀ ਹੈ। ਗੁਣਹ ਕੇਰੀਗੁਣਾਂ ਦੀ। ਕੇਰੀਦੀ। ਛੋਡਿਤਿਆਗ ਕੇ। ਚਲੀਐਜੀਵਨਸਫ਼ਰ ਵਿਚ ਤੁਰਨਾ ਚਾਹੀਦਾ ਹੈ। ਪਹਿਰੇਪਹਿਰਿ, ਪਹਿਨ ਕੇ। ਪਟੰਬਰ—{ਪਟਅੰਬਰ} ਰੇਸ਼ਮ ਦੇ ਕੱਪੜੇ, ਕੋਮਲਤਾ ਤੇ ਪ੍ਰੇਮ ਦਾ ਵਰਤਾਵ। ਅਡੰਬਰਹਾਰਸਿੰਗਾਰ, ਸੋਹਣੇ ਉੱਦਮ। ਮਲੀਐਮੱਲ ਲੈਣਾ ਚਾਹੀਦਾ ਹੈ, ਮੱਲਿਆ ਜਾ ਸਕਦਾ ਹੈ। ਆਪਣਾ ਪਿੜੁ ਮਲੀਐਦੁਨੀਆ ਦੇ ਵਿਕਾਰਾਂ ਦੇ ਟਾਕਰੇ ਤੇ ਪਿੜ ਮੱਲਿਆ ਜਾ ਸਕਦਾ ਹੈ, ਵਿਕਾਰਾਂ ਦੇ ਟਾਕਰੇ ਤੇ ਕੁਸ਼ਤੀ ਜਿੱਤੀ ਜਾ ਸਕਦੀ ਹੈ {ਨੋਟ: ਜਗਤ ਵਿਚ ਜੀਵ, ਮਾਨੋ, ਪਹਿਲਵਾਨ ਹੈ। ਕਾਮਾਦਿਕ ਵਿਕਾਰਾਂ ਨਾਲ ਇਸ ਦੀ ਕੁਸ਼ਤੀ ਹੋ ਰਹੀ ਹੈ। ਜੇਹੜਾ ਹਾਰ ਜਾਂਦਾ ਹੈ ਉਹ ਪਿੜ ਵਿਚੋਂ ਭੱਜ ਜਾਂਦਾ ਹੈ}ਪਿੜਉਹ ਥਾਂ ਜਿੱਥੇ ਕੁਸ਼ਤੀਆਂ ਹੁੰਦੀਆਂ ਹਨ, ਘੋਲ ਹੁੰਦੇ ਹਨ। ਕਹੀਐਕਹਿਣਾ ਚਾਹੀਦਾ ਹੈ। ਝੋਲਿਹਿਲਾ ਕੇ, ਨਿਤਾਰ ਕੇ, ਵਿਕਾਰਾਂ ਦੇ ਬੂਰ ਆਦਿਕ ਨੂੰ ਪਰੇ ਹਟਾ ਕੇ। ਅੰਮ੍ਰਿਤੁਆਤਮਕ ਜੀਵਨ ਦੇਣ ਵਾਲਾ ਨਾਮਜਲ। ਪੀਜੈਪੀਣਾ ਚਾਹੀਦਾ ਹੈ।੩।

ਕਿਸੁ ਆਖੀਐਹੋਰ ਕਿਸੇ ਅੱਗੇ ਗਿਲਾ ਨਹੀਂ ਕੀਤਾ ਜਾ ਸਕਦਾ। ਤਾ ਕਉਉਸ (ਪਰਮਾਤਮਾ) ਨੂੰ। ਜਾਇਜਾ ਕੇ। ਕਿਉ ਭੁਲੈਨਹੀਂ ਭੁੱਲ ਸਕਦਾ। ਬਾਝੁ ਕਹਿਐ—(ਜੀਵਾਂ ਦੇ) ਆਖਣ ਤੋਂ ਬਿਨਾ ਹੀ। ਦਿਵੈਦੇਂਦਾ ਹੈ, ਦੇਵੈ। ਦੇਇਦੇਂਦਾ ਹੈ। ਜਗਿਜਗਤ ਵਿਚ (ਸਭ ਜੀਵਾਂ ਨੂੰ)ਬਿਧਾਤਾਸਿਰਜਣਹਾਰ। ਸਚੁਸਦਾ-ਥਿਰ ਰਹਿਣ ਵਾਲਾ।੪।

ਅਰਥ: ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।

(ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)

ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।

ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।

ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ। ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ)ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ।

ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ।੨।

(ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤਿ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ। (ਹੇ ਭਾਈ!) ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। (ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ।

(ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ) ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ।

(ਹੇ ਭਾਈ!) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ।੩।

(ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗੁਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂ) ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ। (ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ। ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ। ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ।੪।੧।੪।

TOP OF PAGE

Sri Guru Granth Darpan, by Professor Sahib Singh