ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 770

ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ {ਪੰਨਾ 770}

ਪਦਅਰਥ: ਸੇਵਿਸੇਵਾ ਕਰ, ਸਰਨ ਪਉ। ਧਨ ਬਾਲੜੀਏਹੇ ਅੰਞਾਣ ਜਿੰਦੇ। ਵਰੁਖਸਮ। ਪਾਵਹਿਤੂੰ ਲੱਭ ਲਏਂਗੀ। ਹੋਵਹਿਤੂੰ ਰਹੇਂਗੀ। ਸੋਹਾਗਣੀਖਸਮ ਵਾਲੀ। ਮੈਲਾ ਵੇਸੁ—{ਨੋਟ:ਵਿਧਵਾ ਇਸਤ੍ਰੀ ਨੂੰ ਮੈਲੇ ਕੱਪੜੇ ਪਾਣੇ ਪੈਂਦੇ ਹਨ} ਰੰਡੇਪਾ, ਪ੍ਰਭੂਪਤੀ ਤੋਂ ਵਿਛੋੜਾ। ਗੁਰਮੁਖਿਗੁਰੂ ਦੀ ਸਰਣ ਰਹਿਣ ਵਾਲੀ ਜੀਵਇਸਤ੍ਰੀ। ਕੋਈਕੋਈ ਵਿਰਲੀ। ਕਰਣੀ ਕਾਰਉਹ ਕਾਰ ਜੇਹੜੀ ਕਰਨੀ ਚਾਹੀਦੀ ਹੈ, ਕਰਨਜੋਗ ਕਾਰ। ਸਬਦਿਸ਼ਬਦ ਵਿਚ। ਏਕੋ ਜਾਣਿਆਇਕ ਪ੍ਰਭੂ ਨਾਲ ਹੀ ਸਾਂਝ ਪਾਈ ਹੈ। ਰਾਵੇਸਿਮਰਦੀ ਹੈ। ਸਾਚੀਸਦਾ ਕਾਇਮ ਰਹਿਣ ਵਾਲੀ। ਕਾਮਣਿਜੀਵਇਸਤ੍ਰੀ। ਰਵਿ ਰਹਿਆਜੋ ਸਭ ਥਾਂ ਮੌਜੂਦ ਹੈ।੨।

ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।੨।

ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ {ਪੰਨਾ 770}

ਪਦਅਰਥ: ਕਰੇਕਰਿ, ਕਰ। ਧਨ ਬਾਲੜੀਏਹੇ ਅੰਞਾਣ ਜਿੰਦੇ! ਦੇਇ ਮਿਲਾਏਦੇਇ ਮਿਲਾਇ, ਮਿਲਾ ਦੇਂਦਾ ਹੈ। ਕੈ ਰੰਗਿਦੇ ਪ੍ਰੇਮਰੰਗ ਵਿਚ। ਰਤੀਰੰਗੀ ਹੋਈ। ਕਾਮਣਿਜੀਵਇਸਤ੍ਰੀ। ਸਾਚਿਸਦਾ-ਥਿਰ ਪ੍ਰਭੂ ਵਿਚ। ਸਚੁਸਦਾ-ਥਿਰ ਪ੍ਰਭੂ। ਸਬਦਿਗੁਰੂ ਦੇ ਸ਼ਬਦ ਦੀ ਰਾਹੀਂ। ਪਛਾਤਾਸਾਂਝ ਪਾ ਲਈ। ਕੰਠਿਗਲ ਨਾਲ। ਮਹਲੀ ਮਹਲੁਮਹਲ ਦੇ ਮਾਲਕ ਪ੍ਰਭੂ ਦਾ ਮਹਲ।੩।

ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ। ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੩।

ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥ {ਪੰਨਾ 770}

ਪਦਅਰਥ: ਸਾਧਨ ਬਾਲੀਅੰਞਾਣ ਜੀਵਇਸਤ੍ਰੀ। ਧੁਰਿਧੁਰ ਦਰਗਾਹ ਤੋਂ। ਪ੍ਰਭਿਪ੍ਰਭੂ ਨੇ। ਗੁਰਮਤੀਗੁਰੂ ਦੀ ਮਤਿ ਉਤੇ ਤੁਰ ਕੇ। ਘਟਿਹਿਰਦੇ ਵਿਚ। ਮੰਨਿਮਨਿ, ਮਨ ਵਿਚ। ਪੂਰਬਿਪੂਰਬਲੇ ਜਨਮ ਵਿਚ। ਸੇਜਹਿਰਦਾਸੇਜ। ਸੁਖਾਲੀਸੁਖੀ। ਪ੍ਰਭ ਭਾਣੀਪ੍ਰਭੂ ਨੂੰ ਚੰਗੀ ਲੱਗੀ। ਸਚੁ ਸੀਗਾਰੁਸਦਾ-ਥਿਰ ਹਰੀ ਦਾ ਨਾਮ ਜਪਣ ਦਾ ਆਤਮਕ ਸੁਹਜ। ਕਾਮਣਿਜੀਵਇਸਤ੍ਰੀ। ਖੋਈਦੂਰ ਕਰ ਲਈ। ਸਚਿਸਦਾ-ਥਿਰ ਪ੍ਰਭੂ ਵਿਚ। ਕਰਤੈਕਰਤਾਰ ਨੇ। ਨਵੈ ਨਿਧਿਨੌ ਹੀ ਖ਼ਜ਼ਾਨੇ।੪।

ਅਰਥ: ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ। ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ। ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ। ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ।

ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! (ਆਖ-) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ।੪।੩।੪।

ਸੂਹੀ ਮਹਲਾ ੩ ॥ ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥ ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥ ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥ ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥ {ਪੰਨਾ 770}

ਪਦਅਰਥ: ਹਰਿ ਹਰੇ ਹਰਿ ਗੁਣਸਦਾ ਹੀ ਹਰੀ ਦੇ ਗੁਣ। ਗੁਰਮੁਖੇਗੁਰੂ ਦੀ ਸਰਨ ਪਿਆਂ। ਅਨਦਿਨੋਅਨਦਿਨੁ, ਹਰ ਰੋਜ਼। ਸਬਦਿਗੁਰੂ ਦੇ ਸ਼ਬਦ ਦੀ ਰਾਹੀਂ। ਰਵਹੁਸਿਮਰੋ। ਵਜਾਏਵਜਾਇ, ਵਜਾ ਕੇ। ਅਨਹਦਇਕ-ਰਸ, ਲਗਾਤਾਰ। ਅਨਹਦ ਸਬਦ ਵਜਾਏਇਕ-ਰਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਦੇ ਵਾਜੇ) ਵਜਾ ਕੇ। ਵਜਾਏਵਜਾਂਦਾ ਹੈ। ਘਰਿਹਿਰਦੇਘਰ ਵਿਚ। ਨਾਰੀਹੇ ਨਾਰੀਓ! ਹੇ ਗਿਆਨਇੰਦ੍ਰਿਓ! ਗੁਰ ਆਗੈਗੁਰੂ ਦੇ ਸਨਮੁਖ ਹੋ ਕੇ। ਸਾਧਨਉਹ ਜੀਵਇਸਤ੍ਰੀਆਂ। ਸੁਹਾਏਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ। ਸੋਹਿਲਾਖ਼ੁਸ਼ੀ ਦਾ ਗੀਤ। ਕਰਿਕਰ ਕੇ। ਆਏਆਉਂਦਾ ਹੈ।੧।

ਅਰਥ: ਹੇ ਭਾਈ! ਸਦਾ ਪਰਮਾਤਮਾ ਦੇ ਗੁਣ ਗਾਇਆ ਕਰੋ। (ਜੇਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ। ਹੇ ਭਾਈ! ਇਕ-ਰਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਦੇ ਵਾਜੇ) ਵਜਾ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ। ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੇ ਵਾਜੇ ਇਕ-ਰਸ ਵਜਾਂਦਾ ਰਹਿੰਦਾ ਹੈ, ਪਰਮਾਤਮਾ ਉਸ ਦੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ। ਹੇ (ਮੇਰੇ) ਗਿਆਨ-ਇੰਦ੍ਰਿਓ! ਤੁਸੀ ਭੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ। ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸਨਮੁਖ ਹੋ ਕੇ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੀਆਂ ਹਨ, ਉਹ ਪ੍ਰਭੂ-ਪਤੀ ਨੂੰ ਪਿਆਰੀਆਂ ਲੱਗਦੀਆਂ ਹਨ।

ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ, ਉਹਨਾਂ ਦੇ ਹਿਰਦੇ-ਘਰ ਵਿਚ ਸਦਾ ਹੀ (ਮਾਨੋ) ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਪ੍ਰਭੂ ਕਿਰਪਾ ਕਰ ਕੇ ਉਹਨਾਂ ਦੇ ਹਿਰਦੇ-ਘਰ ਵਿਚ ਆ ਵੱਸਦਾ ਹੈ।੧।

ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥ ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥ ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥ ਜਿਨ੍ਹ੍ਹ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥ ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥ ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥ {ਪੰਨਾ 770}

ਪਦਅਰਥ: ਮਨਿਮਨ ਵਿਚ। ਨਾਮਿਨਾਮ ਵਿਚ। ਰਹੇ ਲਿਵ ਲਾਏਰਹੇ ਲਿਵ ਲਾਇ, ਲਿਵ ਲਾਈ ਰੱਖਦੇ ਹਨ। ਗੁਰਮੁਖੇਗੁਰੂ ਦੇ ਸਨਮੁਖ ਰਹਿ ਕੇ। ਗਾਏਗਾਇ, ਗਾ ਕੇ। ਮੰਨਿਮਨਿ, ਮਨ ਵਿਚ। ਵਸਾਏਵਸਾ ਕੇ। ਅੰਮ੍ਰਿਤਆਤਮਕ ਜੀਵਨ ਦੇਣ ਵਾਲੀ। ਸੇਈ ਜਨਉਹੀ ਮਨੁੱਖ। ਨਿਸਤਰੇਪਾਰ ਲੰਘ ਜਾਂਦੇ ਹਨ। ਘਟਿ ਘਟਿਹਰੇਕ ਸਰੀਰ ਵਿਚ। ਸਬਦਿਸ਼ਬਦ ਦੀ ਰਾਹੀਂ। ਗਾਵਹਿਗਾਂਦੇ ਹਨ। ਸਹਜਿਆਤਮਕ ਅਡੋਲਤਾ ਵਿਚ। ਸਮਾਵਹਿਲੀਨ ਰਹਿੰਦੇ ਹਨ। ਸਬਦਿਸ਼ਬਦ ਦੀ ਬਰਕਤਿ ਨਾਲ। ਕੇਰਾਦਾ। ਜਿਜੇਹੜੇ ਮਨੁੱਖਾਂ ਨੂੰ। ਸਤਿਗੁਰਿਗੁਰੂ ਨੇ। ਮਾਰਗਿਰਸਤੇ ਉੱਤੇ।੨।

ਅਰਥ: ਹੇ ਭਾਈ! ਪ੍ਰਭੂ ਦੇ ਭਗਤਾਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਪਰਮਾਤਮਾ ਦੇ ਨਾਮ ਵਿਚ ਸਦਾ ਸੁਰਤਿ ਜੋੜੀ ਰੱਖਦੇ ਹਨ। ਗੁਰੂ ਦੀ ਰਾਹੀਂ ਪਰਮਾਤਮਾ ਦੇ ਪਵਿਤ੍ਰ ਗੁਣ ਗਾ ਗਾ ਕੇ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ। ਪਰਮਾਤਮਾ ਦੀ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ, ਪ੍ਰਭੂ ਦੇ ਪਵਿਤ੍ਰ ਗੁਣ ਗਾ ਗਾ ਕੇ, ਪ੍ਰਭੂ ਦਾ ਨਾਮ ਆਪਣੇ ਮਨ ਵਿਚ ਵਸਾ ਕੇ (ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ।

ਹੇ ਪ੍ਰਭੂ! ਜੇਹੜੇ ਮਨੁੱਖ ਤੇਰੇ ਗੁਣ ਗਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ। ਗੁਰੂ ਆਪਣੇ ਸ਼ਬਦ ਦੀ ਰਾਹੀਂ ਉਹਨਾਂ ਨੂੰ (ਹੇ ਪ੍ਰਭੂ!) ਤੇਰੇ ਚਰਨਾਂ ਵਿਚ ਜੋੜ ਦੇਂਦਾ ਹੈ। ਹੇ ਨਾਨਕ! ਉਹਨਾਂ ਮਨੁੱਖਾਂ ਦਾ ਜਨਮ ਕਾਮਯਾਬ ਹੋ ਜਾਂਦਾ ਹੈ, ਜਿਨ੍ਹਾਂ ਨੂੰ ਗੁਰੂ ਪਰਮਾਤਮਾ ਦੇ ਰਸਤੇ ਉਤੇ ਤੋਰ ਦਿੰਦਾ ਹੈ।੨।

TOP OF PAGE

Sri Guru Granth Darpan, by Professor Sahib Singh