ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 774

ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥ {ਪੰਨਾ 774}

ਪਦਅਰਥ: ਹਰਿ ਦੂਜੜੀ ਲਾਵਪ੍ਰਭੂਪਤੀ (ਜੀਵਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ। ਸਤਿਗੁਰੁ ਪੁਰਖੁ ਮਿਲਾਇਆ—(ਪ੍ਰਭੂ ਨੇ ਜੀਵਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦਿੱਤਾ। ਬਲਿ ਰਾਮ ਜੀਉਹੇ ਰਾਮ ਜੀ! ਤੈਥੋਂ ਸਦਕੇ ਹਾਂ। ਭੈ—(ਦੁਨੀਆ ਦੇ) ਸਾਰੇ ਡਰਾਂ ਤੋਂ। ਨਿਰਭਉਨਿਡਰ। ਹੋਇਹੋ ਜਾਂਦਾ ਹੈ। ਗਵਾਇਆ—(ਗੁਰੂ) ਦੂਰ ਕਰ ਦੇਂਦਾ ਹੈ। ਭਉਡਰ। ਨਿਰਮਲੁ ਭਉਪਵਿੱਤਰ ਡਰ, ਅਦਬਸਤਕਾਰ। ਵੇਖੈਵੇਖਦੀ ਹੈ। ਹਦੂਰੇਹਾਜ਼ਰਨਾਜ਼ਰ, ਅੰਗਸੰਗ। ਆਤਮ ਰਾਮੁ ਪਸਾਰਿਆਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ! ਸਰਬਸਭ ਜੀਵਾਂ ਵਿਚ। ਭਰਪੂਰੇਵਿਆਪਕ। ਏਕੋਇੱਕ ਹੀ। ਮਿਲਿ ਹਰਿ ਜਨਸੰਤ ਜਨਾਂ ਨਾਲ ਮਿਲ ਕੇ, ਸਾਧ ਸੰਗਤਿ ਵਿਚ ਮਿਲ ਕੇ। ਮੰਗਲਸਿਫ਼ਤਿ-ਸਾਲਾਹ ਦੇ ਗੀਤ। ਚਲਾਈਤੋਰ ਦਿੱਤੀ। ਅਨਹਦਇਕ-ਰਸ, ਬਿਨਾ ਵਜਾਇਆਂ। ਸਬਦ ਵਜਾਏਸਿਫ਼ਤਿ-ਸਾਲਾਹ ਦੀ ਬਾਣੀ ਦੇ ਮਾਨੋ, ਵਾਜੇ ਵਜਾ ਦੇਂਦਾ ਹੈ।੨।

ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ (ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ-ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ।

ਹੇ ਭਾਈ! (ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ। (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ। (ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ਼ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ), ਸਾਧ ਸੰਗਤਿ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ।

ਹੇ ਦਾਸ ਨਾਨਕ! (ਆਖ-ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ-ਪ੍ਰਭੂ ਨੇ ਇਹ) ਦੂਜੀ ਲਾਂਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫ਼ਤਿ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ।੨।

ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥ {ਪੰਨਾ 774}

ਪਦਅਰਥ: ਤੀਜੜੀ ਲਾਵਤੀਜੀ ਸੋਹਣੀ ਲਾਂਵ। ਹਰਿ ਤੀਜੜੀ ਲਾਵਪ੍ਰਭੂਪਤੀ ਨਾਲ (ਜੀਵਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ। ਮਨਿਮਨ ਵਿਚ। ਬੈਰਾਗੀਆ ਮਨਿਵੈਰਾਗਵਾਨਾਂ ਦੇ ਮਨ ਵਿਚ। ਚਾਉ—(ਪ੍ਰਭੂਮਿਲਾਪ ਲਈ) ਉਤਸ਼ਾਹ। ਮੇਲੁਮਿਲਾਪ। ਵਡਭਾਗੀਆਵੱਡੇ ਭਾਗਾਂ ਵਾਲੇ ਮਨੁੱਖ। ਮੁਖਿਮੂੰਹ ਤੋਂ। ਬੋਲੀਉਚਾਰੀ। ਹਰਿ ਬਾਣੀਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਕਥੀਐਕਥਨ ਕਰਨੀ ਚਾਹੀਦੀ ਹੈ। ਅਕਥਅਕੱਥ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਕਥ ਕਹਾਣੀਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ। ਹਿਰਦੈਹਿਰਦੇ ਵਿਚ। ਧੁਨਿਰੌ, ਲਗਨ। ਜਪੀਐਜਪਿਆ ਜਾ ਸਕਦਾ ਹੈ। ਮਸਤਕਿਮੱਥੇ ਉੱਤੇ। ਭਾਗੁਚੰਗੀ ਕਿਸਮਤ। ਨਾਨਕੁ ਬੋਲੇਨਾਨਕ ਬੋਲਦਾ ਹੈ। ਤੀਜੀ ਲਾਵੈਤੀਜੀ ਲਾਂਵ ਦੀ ਰਾਹੀਂ, ਪ੍ਰਭੂਪਤੀ ਨਾਲ ਜੀਵਇਸਤ੍ਰੀ ਦੇ ਵਿਆਹ ਦੀ ਤੀਜੀ ਲਾਂਵ ਸਮੇ। ਮਨਿ—(ਜੀਵਇਸਤ੍ਰੀ ਦੇ) ਮਨ ਵਿਚ। ਹਰਿ ਬੈਰਾਗੁਪ੍ਰਭੂ (-ਮਿਲਾਪ ਦੀ) ਤੀਬਰ ਤਾਂਘ। ਉਪਜੈਪੈਦਾ ਹੋ ਜਾਂਦੀ ਹੈ।੩।

ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ) ਵੈਰਾਗਵਾਨਾਂ ਦੇ ਮਨ ਵਿਚ (ਤੇਰੇ ਮਿਲਾਪ ਲਈ) ਤਾਂਘ ਪੈਦਾ ਹੁੰਦੀ ਹੈ, (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ ਹੈ।

ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ, (ਉਹ ਮਨੁੱਖ ਜੀਵਨ ਨੂੰ) ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਅਤੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ, ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ।

ਹੇ ਭਾਈ! ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ, (ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੇ) ਹਿਰਦੇ ਵਿਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੌ ਚੱਲ ਪੈਂਦੀ ਹੈ। ਪਰ, ਹੇ ਭਾਈ! ਪਰਮਾਤਮਾ ਦਾ ਨਾਮ (ਤਦੋਂ ਹੀ) ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਪਏ।

ਹੇ ਭਾਈ! ਦਾਸ ਨਾਨਕ ਆਖਦਾ ਹੈ (ਕਿ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਲਾਂਵ ਸਮੇ (ਜੀਵ-ਇਸਤ੍ਰੀ ਦੇ) ਮਨ ਵਿਚ ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ ਪੈਦਾ ਹੋ ਜਾਂਦੀ ਹੈ।੩।

ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥ {ਪੰਨਾ 774}

ਪਦਅਰਥ: ਚਉਥੜੀ ਲਾਵਚੌਥੀ ਸੋਹਣੀ ਲਾਂਵ। ਹਰਿ ਚਉਥੜੀ ਲਾਵਪ੍ਰਭੂਪਤੀ ਨਾਲ (ਜੀਵਇਸਤ੍ਰੀ ਦੇ ਵਿਆਹ ਦੀ) ਚੌਥੀ ਸੋਹਣੀ ਲਾਂਵ। ਮਨਿ—(ਜੀਵਇਸਤ੍ਰੀ ਦੇ) ਮਨ ਵਿਚ। ਸਹਜੁਆਤਮਕ ਅਡੋਲਤਾ। ਗੁਰਮੁਖਿਗੁਰੂ ਵਲ ਮੂੰਹ ਕਰ ਕੇ, ਗੁਰੂ ਦੇ ਸਨਮੁਖ ਰਹਿ ਕੇ। ਸੁਭਾਇ—(ਪ੍ਰਭੂ ਦੇ) ਪਿਆਰ ਵਿਚ (ਟਿਕ ਕੇ)ਮਨਿਮਨ ਵਿਚ। ਤਨਿਤਨ ਵਿਚ। ਪ੍ਰਭ ਭਾਇਆਪ੍ਰਭੂ ਨੂੰ ਪਿਆਰਾ ਲੱਗਾ। ਅਨਦਿਨੁ—{अनुदिनां} ਹਰ ਰੋਜ਼, ਹਰ ਵੇਲੇ। ਲਿਵ ਲਾਈਸੁਰਤਿ ਜੋੜੀ ਰੱਖੀ। ਮਨ ਚਿੰਦਿਆਮਨਇੱਛਤ।

ਨਾਮਿ-ਨਾਮ ਦੀ ਰਾਹੀਂ। ਵਜੀ ਵਾਧਾਈ-ਚੜ੍ਹਦੀ ਕਲਾ ਬਣ ਗਈ। ਪ੍ਰਭਿ-ਪ੍ਰਭੂ ਨੇ। ਠਾਕੁਰਿ-ਠਾਕੁਰ ਨੇ। ਕਾਜੁ-(ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ। ਰਚਾਇਆ-ਅਰੰਭ ਦਿੱਤਾ। ਧਨ-ਜੀਵ-ਇਸਤ੍ਰੀ। ਹਿਰਦੈ-ਹਿਰਦੇ ਵਿਚ। ਨਾਮਿ-ਨਾਮ ਦੀ ਬਰਕਤਿ ਨਾਲ। ਵਿਗਾਸੀ-ਖਿੜ ਪਈ, ਆਨੰਦ-ਭਰਪੂਰ ਹੋ ਗਈ। ਚਉਥੀ ਲਾਵੈ-ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਂਵ ਸਮੇ। ਅਵਿਨਾਸੀ-ਕਦੇ ਨਾਸ ਨਾਹ ਹੋਣ ਵਾਲਾ।੪।

ਅਰਥ: ਹੇ ਸੋਹਣੇ ਰਾਮ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮੇਹਰ ਨਾਲ ਜਿਸ ਜੀਵ-ਇਸਤ੍ਰੀ ਦੇ) ਮਨ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਨੂੰ ਤੇਰਾ ਮਿਲਾਪ ਹੋ ਜਾਂਦਾ ਹੈ। (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਮਿਲਾਪ ਦੀ) ਚੌਥੀ ਸੋਹਣੀ ਲਾਂਵ ਹੈ।

ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪ੍ਰਭੂ-) ਪ੍ਰੇਮ ਵਿਚ (ਟਿਕ ਕੇ, ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ) ਮਿਲ ਪੈਂਦਾ ਹੈ, (ਉਸ ਦੇ) ਮਨ ਵਿਚ (ਉਸ ਦੇ) ਤਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ।

ਹੇ ਭਾਈ! ਜਿਸ ਜੀਵ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਨੂੰ ਉਹ ਜੀਵ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹ ਮਨੁੱਖ ਸਦਾ ਪ੍ਰਭੂ (ਦੀ ਯਾਦ ਵਿਚ (ਆਪਣੀ) ਸੁਰਤਿ ਜੋੜੀ ਰੱਖਦਾ ਹੈ, ਉਹ ਮਨੁੱਖ ਪ੍ਰਭੂ-ਮਿਲਾਪ ਦਾ ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਪ੍ਰਭੂ ਦੇ ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਸਦਾ) ਚੜ੍ਹਦੀ ਕਲਾ ਬਣੀ ਰਹਿੰਦੀ ਹੈ।

ਹੇ ਭਾਈ! ਪ੍ਰਭੂ ਨੇ, ਮਾਲਕ-ਹਰੀ ਨੇ (ਜਿਸ ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ ਸ਼ੁਰੂ ਕਰ ਦਿੱਤਾ, ਉਹ ਜੀਵ-ਇਸਤ੍ਰੀ ਨਾਮ ਸਿਮਰਨ ਦੀ ਬਰਕਤਿ ਨਾਲ (ਆਪਣੇ) ਹਿਰਦੇ ਵਿਚ ਸਦਾ ਆਨੰਦ-ਭਰਪੂਰ ਰਹਿੰਦੀ ਹੈ। ਦਾਸ ਨਾਨਕ ਆਖਦਾ ਹੈ-ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਂਵ ਸਮੇ ਜੀਵ-ਇਸਤ੍ਰੀ ਕਦੇ ਨਾਸ ਨਾਹ ਹੋਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੪।੨।

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥ ਗੁਰਮੁਖਿ ਹਰਿ ਗੁਣ ਗਾਏ ॥ ਹਿਰਦੈ ਰਸਨ ਰਸਾਏ ॥ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥ ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥ ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥ {ਪੰਨਾ 774}

ਪਦਅਰਥ: ਗੁਰਮੁਖਿਗੁਰੂ ਦੀ ਸਰਨ ਪੈ ਕੇ। ਗਾਏਗਾਂਦਾ ਰਹਿੰਦਾ ਹੈ। ਹਿਰਦੈਹਿਰਦੇ ਵਿਚ (ਵਸਾਂਦਾ ਹੈ)ਰਸਨਜੀਭ ਨਾਲ। ਰਸਾਏਰਸ ਮਾਣਦਾ ਹੈ। ਪ੍ਰਭ ਭਾਏ—(ਉਹ ਮਨੁੱਖ) ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਹਜਿਆਤਮਕ ਅਡੋਲਤਾ ਵਿਚ। ਸੁਭਾਏਸੁਭਾਇ, ਪਿਆਰ ਨਾਲ। ਅਨਦਿਨੁ—{अनुदिनां} ਹਰ ਰੋਜ਼, ਹਰ ਵੇਲੇ। ਸੁਖਿਸੁਖ ਵਿਚ। ਸੋਵੈਲੀਨ ਰਹਿੰਦਾ ਹੈ। ਸਬਦਿਸ਼ਬਦ ਦੀ ਰਾਹੀਂ। ਲਿਵ ਲਾਏ ਰਹੈਸੁਰਤਿ ਜੋੜੀ ਰੱਖਦਾ ਹੈ। ਭਾਗਿਕਿਸਮਤ ਨਾਲ। ਪਾਈਐਮਿਲਦਾ ਹੈ। ਧਿਆਏਸਿਮਰਦਾ ਰਹਿੰਦਾ ਹੈ। ਸਹਜੇ ਸਹਜਿਹਰ ਵੇਲੇ ਆਤਮਕ ਅਡੋਲਤਾ ਵਿਚ। ਜਗ ਜੀਵਨੁਜਗਤ ਦਾ ਜੀਵਨ ਪ੍ਰਭੂ। ਸੁੰਨਿਸੁੰਨ ਵਿਚ, ਉਸ ਅਵਸਥਾ ਵਿਚ ਜਿੱਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ।੧।

ਅਰਥ: ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ (ਪਰਮਾਤਮਾ ਦੇ ਗੁਣ ਆਪਣੇ) ਹਿਰਦੇ ਵਿਚ (ਵਸਾਈ ਰਖਦਾ ਹੈ, ਆਪਣੀ) ਜੀਭ ਨਾਲ (ਗੁਣਾਂ ਦਾ) ਰਸ ਮਾਣਦਾ ਹੈ, (ਜਿਹੜਾ ਮਨੁੱਖ) ਹਰੀ (ਦੇ ਗੁਣਾਂ ਦਾ) ਰਸ (ਆਪਣੀ) ਜੀਭ ਨਾਲ ਮਾਣਦਾ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਉਸ ਟਿਕੇ ਹੋਏ ਨੂੰ) ਪਰਮਾਤਮਾ ਮਿਲ ਪੈਂਦਾ ਹੈ। ਉਹ ਮਨੁੱਖ ਹਰ ਵੇਲੇ (ਸਿਫ਼ਤਿ-ਸਾਲਾਹ ਦਾ) ਅਨੰਦ ਮਾਣਦਾ ਹੈ, ਆਨੰਦ ਵਿਚ ਲੀਨ ਰਹਿੰਦਾ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਉਹ ਮਨੁੱਖ ਪ੍ਰਭੂ ਵਿਚ) ਸੁਰਤਿ ਜੋੜੀ ਰੱਖਦਾ ਹੈ।

ਪਰ, ਹੇ ਭਾਈ! ਪੂਰਾ ਗੁਰੂ ਮਿਲਦਾ ਹੈ ਵੱਡੀ ਕਿਸਮਤ ਨਾਲ, (ਜਿਸ ਨੂੰ ਮਿਲਦਾ ਹੈ, ਉਹ) ਹਰ ਵੇਲੇ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਜਗਤ ਦਾ ਸਹਾਰਾ ਪ੍ਰਭੂ ਉਸ ਨੂੰ ਮਿਲ ਪੈਂਦਾ ਹੈ, ਉਹ ਮਨੁੱਖ ਉਸ ਅਵਸਥਾ ਵਿਚ ਲੀਨ ਰਹਿੰਦਾ ਹੈ ਜਿੱਥੇ ਮਾਇਆ ਦਾ ਕੋਈ ਫੁਰਨਾ ਪੋਹ ਨਹੀਂ ਸਕਦਾ।

ਸੰਗਤਿ ਸੰਤ ਮਿਲਾਏ ॥ ਹਰਿ ਸਰਿ ਨਿਰਮਲਿ ਨਾਏ ॥ ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥ ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥ ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥ ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥ {ਪੰਨਾ 774}

ਪਦਅਰਥ: ਸੰਗਤਿ ਸੰਤਸੰਤ ਜਨਾਂ ਦੀ ਸੰਗਤਿ ਵਿਚ। ਸਰਿਸਰੋਵਰ ਵਿਚ। ਸਰਿ ਨਿਰਮਲਪਵਿੱਤਰ ਸਰੋਵਰ ਵਿਚ। ਨਾਏਇਸ਼ਨਾਨ ਕਰਦਾ ਹੈ। ਨਿਰਮਲਿ ਜਲਿਪਵਿੱਤਰ (ਨਾਮ-) ਜਲ ਵਿਚ। ਦੁਰਮਤਿਖੋਟੀ ਮਤਿ। ਭ੍ਰਮੁਭਟਕਣਾ। ਬਿਨਠੀਨਾਸ ਹੋ ਜਾਂਦੀ ਹੈ। ਪੀਰਾਪੀੜ। ਨਦਰਿਮਿਹਰ ਦੀ ਨਿਗਾਹ ਨਾਲ। ਨਿਜ ਘਰਿਆਪਣੇ (ਅਸਲ) ਘਰ ਵਿਚ, ਪ੍ਰਭੂਚਰਨਾਂ ਵਿਚ। ਹੋਆਹੋ ਜਾਂਦਾ ਹੈ। ਮੰਗਲਸਿਫ਼ਤਿ-ਸਾਲਾਹ ਦੇ ਗੀਤ। ਰਸਿਸੁਆਦ ਨਾਲ। ਰਸਨ ਰਸਾਏਜੀਭ ਨਾਲ (ਗੁਣਾਂ ਦਾ) ਰਸ ਮਾਣਦਾ ਹੈ। ਪ੍ਰਗਾਸਾ—(ਆਤਮਕ ਜੀਵਨ ਦਾ) ਚਾਨਣ ਕਰਦਾ ਹੈ।੨।

ਅਰਥ: ਹੇ ਭਾਈ! ਜਿਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਮਿਲਦਾ ਹੈ, ਉਹ ਪਰਮਾਤਮਾ ਦੇ ਪਵਿੱਤਰ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ। ਉਹ ਮਨੁੱਖ ਪ੍ਰਭੂ ਦੇ ਪਵਿੱਤਰ ਨਾਮ-ਜਲ ਵਿਚ ਇਸ਼ਨਾਨ ਕਰਦਾ ਹੈ, ਉਸ ਦਾ ਸਰੀਰ ਪਵਿੱਤਰ ਹੋ ਜਾਂਦਾ ਹੈ, (ਨਾਮ-ਜਲ ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦਾ ਹੈ।

(ਨਾਮ-ਜਲ ਦੀ ਬਰਕਤਿ ਨਾਲ ਉਸ ਦੇ ਅੰਦਰੋਂ) ਖੋਟੀ ਮਤਿ ਦੀ ਮੈਲ ਧੁਪ ਜਾਂਦੀ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਹਉਮੈ ਦੀ ਪੀੜ ਨਾਸ ਹੋ ਜਾਂਦੀ ਹੈ।

ਪਰ, ਹੇ ਭਾਈ! ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਹੀ ਸਾਧ ਸੰਗਤਿ ਮਿਲਦੀ ਹੈ, (ਜਿਸ ਨੂੰ ਮਿਲਦੀ ਹੈ, ਉਸ ਦਾ) ਟਿਕਾਣਾ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਹੇ ਨਾਨਕ! ਉਹ ਮਨੁੱਖ ਸੁਆਦ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤਾਂ ਦਾ ਰਸ ਆਪਣੀ ਜੀਭ ਨਾਲ ਮਾਣਦਾ ਹੈ, (ਉਸ ਦੇ ਅੰਦਰ ਪਰਮਾਤਮਾ ਦਾ) ਨਾਮ (ਆਤਮਕ ਜੀਵਨ ਦਾ) ਚਾਨਣ ਪੈਦਾ ਕਰ ਦੇਂਦਾ ਹੈ।੨।

TOP OF PAGE

Sri Guru Granth Darpan, by Professor Sahib Singh